ਬਰਨਾਲਾ- ਬਰਨਾਲਾ ‘ਚ ਰਿਸ਼ਵਤਖੋਰੀ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਐੱਸ.ਐੱਸ.ਪੀ. ਦਫ਼ਤਰ ਬਰਨਾਲਾ ਵਿੱਚ ਤਾਇਨਾਤ ਸੀਨੀਅਰ ਅਸਿਸਟੈਂਟ ਦਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਨੇ ਬਰਨਾਲਾ ਵਿੱਚ ਪੰਜਾਬ ਪੁਲਸ ਵਿੱਚ ਤਾਇਨਾਤ ਏ.ਐੱਸ.ਆਈ. ਮੱਖਣ ਸ਼ਾਹ ਦੀ ਸੇਵਾ ਤਿੰਨ ਸਾਲ ਵਧਾਉਣ ਲਈ ਭੇਜੀ ਗਈ ਅਰਜ਼ੀ ਦੇ ਮਾਮਲੇ ਵਿੱਚ ਕੰਮ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਜਾਲ ਬਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦਵਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸੰਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਨੰਬਰ 4 ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਸਿਰਫ਼ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉੱਧਰ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਸਿਸਟੈਂਟ ਦਵਿੰਦਰ ਸਿੰਘ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਸ ਨੂੰ ਸਾਜ਼ਿਸ਼ ਦੇ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ।
