ਰਾਮਪੁਰਾ ਫੂਲ (ਜਸਵੀਰ ਔਲਖ): ਵਿਦਿਆਰਥੀਆਂ ਦੀ ਚੰਗੀ ਸਿਹਤ, ਸਫ਼ਾਈ ਅਤੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਵਿਆ ਅਸੀਜਾ ਜੀ ਦੇ ਮਾਰਗਦਰਸ਼ਨ ਹੇਠ ਦੰਦਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦੇ ਮਾਹਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਦੇ ਦੰਦਾਂ ਅਤੇ ਮੂੰਹ ਦੀ ਸਿਹਤ ਦੀ ਜਾਂਚ ਕੀਤੀ ਗਈ। ਵਿਦਿਆਰਥੀਆਂ ਨੂੰ ਮੂੰਹ ਦੀ ਸਫ਼ਾਈ, ਸਹੀ ਤਰੀਕੇ ਨਾਲ ਬਰਸ਼ ਕਰਨ, ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਡਾਕਟਰਾਂ ਨੇ ਵਿਦਿਆਰਥੀਆਂ ਨੂੰ ਦਿਨ ਵਿੱਚ ਦੋ ਵਾਰ ਬਰਸ਼ ਕਰਨ, ਬਹੁਤ ਜ਼ਿਆਦਾ ਮਿੱਠੇ ਪਦਾਰਥਾਂ ਅਤੇ ਜੰਕ ਫੂਡ ਦੇ ਸੇਵਨ ਨੂੰ ਸੀਮਿਤ ਕਰਨ ਅਤੇ ਨਿਯਮਿਤ ਤੌਰ ’ਤੇ ਦੰਦਾਂ ਦੇ ਡਾਕਟਰ ਤੋਂ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਲੋੜ ਅਨੁਸਾਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੰਦਾਂ ਦੀ ਸਿਹਤ ਸਬੰਧੀ ਸਲਾਹ ਮੁਹੱਈਆ ਕਰਵਾਈ ਗਈ । ਵਿਦਿਆਰਥੀਆਂ ਨੇ ਡਾਕਟਰਾਂ ਨਾਲ ਗੱਲਬਾਤ ਕਰਕੇ ਆਪਣੀਆਂ ਜਿਗਿਆਸਾਵਾਂ ਅਤੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ।
ਇਸ ਮੌਕੇ ’ਤੇ ਪ੍ਰਿੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਜੀ ਨੇ ਕਿਹਾ, “ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਦੰਦਾਂ ਦੀ ਸਫ਼ਾਈ ਅਤੇ ਸਿਹਤ ਸਬੰਧੀ ਚੰਗੀਆਂ ਆਦਤਾਂ ਦਾ ਵਿਕਾਸ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਤੌਰ ’ਤੇ ਸਮਰੱਥ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਿਹਤਮੰਦ, ਜਾਗਰੂਕ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ।”
ਸਕੂਲ ਪ੍ਰਬੰਧਨ ਨੇ ਇਸ ਕੈਂਪ ਨੂੰ ਗਿਆਨਵਰਧਕ ਅਤੇ ਲਾਭਦਾਇਕ ਦੱਸਦਿਆਂ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦੇ ਮਾਹਿਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਸਕੂਲ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀ ਸਿਹਤ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

