ਤਰਨਤਾਰਨ, 15 ਨਵੰਬਰ 2026:
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਪੰਜਾਬ ਸਰਕਾਰ ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਚਾਰ ਸ਼ਰਧਾਲੂ ਵੀ ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨੌਸ਼ਹਿਰਾ ਪੰਨੂਆਂ ਨੇੜੇ ਨੈਸ਼ਨਲ ਹਾਈਵੇਅ-54 ‘ਤੇ ਵਾਪਰਿਆ। ਦੋਵੇਂ ਬੱਸਾਂ ਵਿੱਚ ਕੁੱਲ 37 ਯਾਤਰੀ ਸਵਾਰ ਸਨ। ਇੱਕ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਦਕਿ ਦੂਜੀ ਬੱਸ ਅੰਮ੍ਰਿਤਸਰ ਤੋਂ ਮੁਕਤਸਰ ਵੱਲ ਜਾ ਰਹੀ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਇੱਕ ਬੱਸ ਦਾ ਡਰਾਈਵਰ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੱਸ ਸੜਕ ਦੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਕਈ ਯਾਤਰੀ ਅੰਦਰ ਹੀ ਫਸ ਗਏ।
ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸਾਂ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਣ ਲਈ ਮਦਦ ਸ਼ੁਰੂ ਕਰ ਦਿੱਤੀ। ਪੁਲਿਸ, ਸਿਵਲ ਪ੍ਰਸ਼ਾਸਨ, ਰੋਡ ਸੇਫਟੀ ਫੋਰਸ ਅਤੇ ਐਂਬੂਲੈਂਸਾਂ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚੀਆਂ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਜਦਕਿ ਹੋਰ ਜ਼ਖ਼ਮੀਆਂ ਦਾ ਇਲਾਜ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ।
ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨਿਰਮਲ ਓਸੇਫਚਨ ਨੇ ਹਾਦਸੇ ਵਿੱਚ ਪੰਜ ਮੌਤਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜ਼ਖ਼ਮੀਆਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ।
ਜ਼ਿਕਰਯੋਗ ਹੈ ਕਿ ਇਹ ਬੱਸਾਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾ ਰਹੀਆਂ ਸਨ। ਇਸ ਯੋਜਨਾ ਅਧੀਨ ਯੋਗ ਸ਼ਰਧਾਲੂਆਂ ਨੂੰ ਮੁਫ਼ਤ ਬੱਸ ਯਾਤਰਾ, ਰਹਿਣ ਅਤੇ ਖਾਣੇ ਦੀ ਸਹੂਲਤ ਦਿੱਤੀ ਜਾਂਦੀ ਹੈ।
ਇਸ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Rozana Savera | Punjab Breaking News

ਇਸ ਦਰਦਨਾਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਸਾਡੀ ਡੂੰਘੀ ਹਮਦਰਦੀ ਹੈ। ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ। 🙏 ਸੜਕ ਸੁਰੱਖਿਆ ਪ੍ਰਤੀ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹੋਣੀ ਚਾਹੀਦੀ।
Rozana Savera