ਰਾਮਪੁਰਾ ਫੂਲ/ਬਠਿੰਡਾ:- ਖਾੜੀ ਖੇਤਰ ਵਿਚ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਤਣਾਅ ਕਾਰਨ ਹੋਰਮੁਜ਼ ਜਲਡਮਰੂਮੱਧ ਵਿਚ ਬਣਿਆ ਡੈੱਡਲਾਕ ਅਜੇ ਵੀ ਖ਼ਤਮ ਨਹੀਂ ਹੋਇਆ ਹੈ, ਜਿਸ ਕਾਰਨ ਗੈਸ ਅਤੇ ਤੇਲ ਦੀ ਸਪਲਾਈ ’ਤੇ ਗੰਭੀਰ ਅਸਰ ਪਿਆ ਹੈ। ਇਸ ਸਥਿਤੀ ਦਾ ਸਿੱਧਾ ਅਸਰ ਆਮ ਖ਼ਪਤਕਾਰਾਂ ’ਤੇ ਪੈ ਰਿਹਾ ਹੈ, ਜੋ ਰੋਜ਼ਾਨਾ ਦੀਆਂ ਲੋੜਾਂ ਲਈ ਗੈਸ ਸਿਲੰਡਰਾਂ ਦੀ ਭਾਰੀ ਕਿੱਲਤ ਝੱਲ ਰਹੇ ਹਨ।

ਸ਼ਹਿਰੀ ਅਤੇ ਦਿਹਾਤੀ ਦੋਵਾਂ ਇਲਾਕਿਆਂ ਵਿਚ ਗੈਸ ਸਿਲੰਡਰਾਂ ਦੀ ਉਪਲੱਬਧਤਾ ਲਗਾਤਾਰ ਘਟਦੀ ਜਾ ਰਹੀ ਹੈ। ਖ਼ਪਤਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਸਿਲੰਡਰ ਨਹੀਂ ਮਿਲ ਰਹੇ ਅਤੇ ਮਜਬੂਰੀ ਵਿਚ ਮਹਿੰਗੇ ਭਾਅ ’ਤੇ ‘ਬਲੈਕ’ ਵਿਚ ਖ਼ਰੀਦਣੇ ਪੈ ਰਹੇ ਹਨ। ਘਰੇਲੂ ਅਤੇ ਵਪਾਰਕ ਦੋਵੇਂ ਤਰ੍ਹਾਂ ਦੇ ਖ਼ਪਤਕਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਠੋਸ ਰਾਹਤ ਨਹੀਂ ਮਿਲ ਸਕੀ ਹੈ। ਲੋਕਾਂ ਦਾ ਦੋਸ਼ ਹੈ ਕਿ ਹੋਰਮੁਜ਼ ਮਾਰਗ ਵਿਚ ਰੁਕਾਵਟ ਕਾਰਨ ਜਹਾਜ਼ਾਂ ਰਾਹੀਂ ਗੈਸ ਅਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਦੇਸ਼ ਭਰ ਵਿਚ ਵੰਡ ਪ੍ਰਣਾਲੀ ’ਤੇ ਅਸਰ ਪਿਆ ਹੈ। ਖਾਸ ਕਰ ਕੇ ਪੇਂਡੂ ਖੇਤਰਾਂ ਦੀ ਹਾਲਤ ਹੋਰ ਵੀ ਖਰਾਬ ਦੱਸੀ ਜਾ ਰਹੀ ਹੈ, ਜਿੱਥੇ ਗੈਸ ਸਿਲੰਡਰ ਦੀ ਸਪਲਾਈ ਇਕ ਮਹੀਨੇ ਬਾਅਦ ਤੱਕ ਦੀ ਬੁਕਿੰਗ ’ਤੇ ਦਿੱਤੀ ਜਾ ਰਹੀ ਹੈ।
ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਸ ਦੀ ਕਾਲਾਬਾਜ਼ਾਰੀ ’ਤੇ ਤੁਰੰਤ ਰੋਕ ਲਾਈ ਜਾਵੇ ਅਤੇ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਜੇਕਰ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਕਟ ਹੋਰ ਡੂੰਘਾ ਹੋਣ ਦਾ ਖ਼ਦਸ਼ਾ ਹੈ।
ਗੈਸ ਏਜੰਸੀਆਂ ਵਿਚ ਕਈ ਥਾਵਾਂ ’ਤੇ ਖ਼ਪਤਕਾਰਾਂ ਅਤੇ ਏਜੰਸੀ ਸੰਚਾਲਕਾਂ ਵਿਚਕਾਰ ਤਕਰਾਰ ਅਤੇ ਵਿਵਾਦ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਸਥਿਤੀ ਹੋਰ ਤਣਾਅਪੂਰਨ ਬਣਦੀ ਜਾ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਹੋਰਮੁਜ਼ ਜਲਡਮਰੂਮੱਧ ਵਿਚ ਡੈੱਡਲਾਕ ਲੰਬਾ ਖਿੱਚਿਆ ਜਾਂਦਾ ਹੈ ਤਾਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋ ਸਕਦਾ ਹੈ। ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪਵੇਗਾ ਅਤੇ ਮਹਿੰਗਾਈ ਤੇਜ਼ੀ ਨਾਲ ਵਧ ਸਕਦੀ ਹੈ।
ਵਪਾਰਕ ਸੰਗਠਨਾਂ ਨੇ ਵੀ ਚਿੰਤਾ ਪ੍ਰਗਟਾਈ ਹੈ ਕਿ ਗੈਸ ਦੀ ਘਾਟ ਕਾਰਨ ਛੋਟੇ ਉਦਯੋਗਾਂ ਅਤੇ ਹੋਟਲ-ਰੈਸਟੋਰੈਂਟ ਕਾਰੋਬਾਰ ’ਤੇ ਬੁਰਾ ਅਸਰ ਪੈ ਰਿਹਾ ਹੈ। ਉਤਪਾਦਨ ਅਤੇ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਨਾਲ ਆਰਥਿਕ ਸਰਗਰਮੀਆਂ ਵਿਚ ਗਿਰਾਵਟ ਦਾ ਖ਼ਤਰਾ ਪੈਦਾ ਹੋ ਗਿਆ ਹੈ। ਖ਼ਪਤਕਾਰਾਂ ਅਤੇ ਸਮਾਜਿਕ ਸੰਗਠਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਨਾਲ ਨਜਿੱਠਣ ਲਈ ਬਦਲਵੇਂ ਸਪਲਾਈ ਸਰੋਤਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।
