ਚੰਡੀਗੜ੍ਹ:
ਪੰਜਾਬ ਦੇ ਵੋਟਰਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ 22 ਨਵੰਬਰ 2026 ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਰਾਹੀਂ ਲੋਕ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਚੈੱਕ ਕਰ ਸਕਣਗੇ ਅਤੇ ਵੋਟਰ ਸੂਚੀ ਵਿੱਚ ਨਵਾਂ ਨਾਮ ਦਰਜ ਕਰਵਾਉਣ ਦੇ ਨਾਲ-ਨਾਲ ਪੁਰਾਣੇ ਵੇਰਵਿਆਂ ਵਿੱਚ ਗਲਤੀਆਂ ਵੀ ਠੀਕ ਕਰਵਾ ਸਕਣਗੇ।
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਇਹ ਮੁਹਿੰਮ ਵਿਸ਼ੇਸ਼ ਸੰਖੇਪ ਸੁਧਾਈ (Special Summary Revision) 2027 ਤਹਿਤ ਚਲਾਈ ਜਾ ਰਹੀ ਹੈ।
ਇਨ੍ਹਾਂ ਕੈਂਪਾਂ ਦੌਰਾਨ ਨਾਗਰਿਕ ਖਰੜਾ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕਰ ਸਕਣਗੇ। ਜਿਨ੍ਹਾਂ ਲੋਕਾਂ ਦੀ ਵੋਟ ਅਜੇ ਤੱਕ ਨਹੀਂ ਬਣੀ, ਉਹ ਨਵੀਂ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਣਗੇ। ਇਸ ਤੋਂ ਇਲਾਵਾ ਨਾਮ, ਪਤਾ ਜਾਂ ਹੋਰ ਜਾਣਕਾਰੀ ਵਿੱਚ ਗਲਤੀ ਹੋਣ ‘ਤੇ ਉਸ ਨੂੰ ਠੀਕ ਕਰਵਾਉਣ ਲਈ ਵੀ ਅਰਜ਼ੀ ਦਿੱਤੀ ਜਾ ਸਕੇਗੀ।
ਖਾਸ ਤੌਰ ‘ਤੇ ਉਹ ਨੌਜਵਾਨ ਜਿਨ੍ਹਾਂ ਦੀ ਉਮਰ 1 ਜਨਵਰੀ 2027 ਤੱਕ 18 ਸਾਲ ਪੂਰੀ ਹੋ ਜਾਵੇਗੀ, ਉਹ ਫਾਰਮ ਨੰਬਰ 6 ਭਰ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ।
ਚੋਣ ਕਮਿਸ਼ਨ ਵੱਲੋਂ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਮਿਤੀ 11 ਦਸੰਬਰ 2026 ਨਿਰਧਾਰਤ ਕੀਤੀ ਗਈ ਹੈ। ਪ੍ਰਾਪਤ ਅਰਜ਼ੀਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ।
ਲੋਕਤੰਤਰ ਵਿੱਚ ਹਰ ਇੱਕ ਵੋਟ ਦੀ ਆਪਣੀ ਮਹੱਤਤਾ ਹੁੰਦੀ ਹੈ। ਇਸ ਲਈ ਜੇਕਰ ਤੁਹਾਡੀ ਉਮਰ 18 ਸਾਲ ਹੋ ਚੁੱਕੀ ਹੈ ਜਾਂ ਤੁਸੀਂ ਆਪਣੀ ਵੋਟਰ ਜਾਣਕਾਰੀ ਵਿੱਚ ਕੋਈ ਤਬਦੀਲੀ ਕਰਵਾਉਣਾ ਚਾਹੁੰਦੇ ਹੋ, ਤਾਂ 22 ਨਵੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹੋ।
Rozana Savera | Punjab News
